
ਚੰਡੀਗੜ੍ਹ, 25 ਅਗਸਤ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਸੰਭਾਵਿਤ ਗੱਠਜੋੜ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਹਾਲਾਂਕਿ ਦੋਵੇਂ ਪਾਰਟੀਆਂ ਵੱਲੋਂ ਅਜੇ ਤੱਕ ਗੱਠਜੋੜ ਸਬੰਧੀ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ, ਪਰ ਅੰਦਰੂਨੀ ਪੱਧਰ ’ਤੇ ਗੱਲਬਾਤ ਚੱਲਣ ਦੀਆਂ ਚਰਚਾਵਾਂ ਜ਼ੋਰ ਫੜ ਰਹੀਆਂ ਹਨ। ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐੱਲ. ਸੰਤੋਸ਼ ਨੇ ਪਟਿਆਲਾ ਵਿੱਚ ਪਾਰਟੀ ਆਗੂਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਭਾਜਪਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਕਹਿ ਚੁੱਕੇ ਹਨ ਕਿ ਭਾਜਪਾ ਦਾ ਗੱਠਜੋੜ ਪੰਜਾਬ ਦੇ ਲੋਕਾਂ ਨਾਲ ਹੋਵੇਗਾ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਕਈ ਮੌਕਿਆਂ ’ਤੇ ਇਸੇ ਤਰ੍ਹਾਂ ਦੇ ਸੰਕੇਤ ਦੇ ਚੁੱਕੇ ਹਨ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਗੱਠਜੋੜ ਦੀ ਸੰਭਾਵਨਾ ਨੂੰ ਲੈ ਕੇ ਨਰਮ ਰੁਖ਼ ਦਿਖਾਈ ਦੇ ਰਿਹਾ ਹੈ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸੂਬੇ ਦੇ ਵਿਕਾਸ ਅਤੇ ਭਲੇ ਲਈ ਸਿਆਸੀ ਸਾਂਝ ਦੀ ਲੋੜ ਵੱਲ ਇਸ਼ਾਰਾ ਕੀਤਾ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀ ਕਹਿ ਚੁੱਕੇ ਹਨ ਕਿ ਪੰਜਾਬ ਦੇ ਲੋਕ ਵਿਕਾਸ ਲਈ ਗੱਠਜੋੜ ਸਰਕਾਰ ਚਾਹੁੰਦੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਲੰਧਰ ਰੈਲੀ ਦੌਰਾਨ ਪਰਿਵਾਰਵਾਦ ਨੂੰ ਲੈ ਕੇ ਕੀਤੀ ਗਈ ਟਿੱਪਣੀ ਨੂੰ ਵੀ ਅਕਾਲੀ ਦਲ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਬੀ.ਐੱਲ. ਸੰਤੋਸ਼ ਦੀ ਪਟਿਆਲਾ ਮੀਟਿੰਗ ਵਿੱਚ ਵੀ ਪਰਿਵਾਰਵਾਦ ਦਾ ਮੁੱਦਾ ਚਰਚਾ ਵਿੱਚ ਆਇਆ।
ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਭਾਜਪਾ ਦੇ ਰੁਖ਼ ਬਾਰੇ ਕਿਹਾ ਕਿ ਹਰ ਸਿਆਸੀ ਪਾਰਟੀ ਨੂੰ ਆਪਣੀ ਰਣਨੀਤੀ ਤੈਅ ਕਰਨ ਅਤੇ ਚੋਣਾਂ ਲੜਨ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸ਼ੁਰੂ ਤੋਂ ਹੀ 117 ਸੀਟਾਂ ’ਤੇ ਚੋਣ ਤਿਆਰੀ ਕਰ ਰਿਹਾ ਹੈ ਅਤੇ ਗੱਠਜੋੜ ਬਾਰੇ ਪਾਰਟੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਗਿਆ। ਹਾਲਾਂਕਿ ਸਿਆਸੀ ਸੂਤਰਾਂ ਦਾ ਦਾਅਵਾ ਹੈ ਕਿ ਦੋਵੇਂ ਧਿਰਾਂ ਵਿਚਕਾਰ ਅੰਦਰੂਨੀ ਪੱਧਰ ’ਤੇ ਸੰਭਾਵਿਤ ਗੱਠਜੋੜ ਨੂੰ ਲੈ ਕੇ ਗੱਲਬਾਤ ਦਾ ਮੁੱਢ ਬੱਝ ਚੁੱਕਾ ਹੈ। ਚਰਚਾ ਹੈ ਕਿ ਅਕਾਲੀ ਦਲ ਵੱਲੋਂ ਭਾਜਪਾ ਨੂੰ 35 ਵਿਧਾਨ ਸਭਾ ਸੀਟਾਂ ਦੀ ਪੇਸ਼ਕਸ਼ ਕੀਤੀ ਗਈ ਹੈ, ਜਦਕਿ ਭਾਜਪਾ 45 ਸੀਟਾਂ ਦੀ ਮੰਗ ’ਤੇ ਕਾਇਮ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਚਰਚਾ ਹੈ ਕਿ ਜੇਕਰ ਗੱਠਜੋੜ ਦਾ ਰੂਪ ਲੈਂਦਾ ਹੈ ਤਾਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।
ਪਿਛਲੀਆਂ ਲੋਕ ਸਭਾ ਚੋਣਾਂ ਦੇ ਅੰਕੜਿਆਂ ਨੂੰ ਵੀ ਸੰਭਾਵਿਤ ਗੱਠਜੋੜ ਦੇ ਹੱਕ ਵਿੱਚ ਦਲੀਲ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਭਾਜਪਾ ਨੇ ਪੰਜਾਬ ਵਿੱਚ 23 ਸੀਟਾਂ ’ਤੇ ਲੀਡ ਹਾਸਲ ਕੀਤੀ ਸੀ, ਜਦਕਿ ਸ਼੍ਰੋਮਣੀ ਅਕਾਲੀ ਦਲ 9 ਸੀਟਾਂ ’ਤੇ ਅੱਗੇ ਰਿਹਾ ਸੀ। ਇਸ ਤੋਂ ਇਲਾਵਾ 21 ਸੀਟਾਂ ’ਤੇ ਦੋਵਾਂ ਪਾਰਟੀਆਂ ਦੇ ਵੋਟ ਅੰਕੜਿਆਂ ਨੂੰ ਜੋੜਨ ’ਤੇ ਲੀਡ ਬਣਦੀ ਦੱਸੀ ਗਈ। ਗੱਠਜੋੜ ਦੇ ਹਾਮੀਆਂ ਦਾ ਤਰਕ ਹੈ ਕਿ ਦੋਵਾਂ ਪਾਰਟੀਆਂ ਦੇ ਵੋਟ ਅਧਾਰ ਨੂੰ ਇਕੱਠਾ ਕਰਨ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਕਾਬਲੇ ਦੀ ਤਸਵੀਰ ਬਦਲ ਸਕਦੀ ਹੈ। ਫਿਲਹਾਲ ਦੋਵੇਂ ਪਾਰਟੀਆਂ ਵੱਲੋਂ ਅਧਿਕਾਰਤ ਤੌਰ ’ਤੇ ਗੱਠਜੋੜ ਦੀ ਪੁਸ਼ਟੀ ਨਹੀਂ ਕੀਤੀ ਗਈ। ਇਸ ਲਈ ਸੀਟਾਂ ਦੀ ਵੰਡ ਅਤੇ ਸੰਭਾਵਿਤ ਸਾਂਝ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਨੂੰ ਸਿਆਸੀ ਹਲਕਿਆਂ ਵਿੱਚ ਚੱਲ ਰਹੀ ਅੰਦਰੂਨੀ ਕਵਾਇਦ ਵਜੋਂ ਹੀ ਦੇਖਿਆ ਜਾ ਰਿਹਾ ਹੈ।





