
ਸੰਗਰੂਰ, 8 ਸਤੰਬਰ: ਸੰਗਰੂਰ ਦੇ ਹਲਕਾ ਦਿੜ੍ਹਬਾ ਅਧੀਨ ਪੈਂਦੇ ਪਿੰਡ ਤੂਰ ਬਣਜਾਰਾ ਦੇ ਦਿਹਾੜੀ ਮਜ਼ਦੂਰ ਗੁਲਜ਼ਾਰ ਸਿੰਘ ਦੀ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਸੂਬੇ ਦੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਪਿੰਡ ਵਿੱਚ ਰੱਖੇ ਇੱਕ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮ ਦੌਰਾਨ ਗੁਲਜ਼ਾਰ ਸਿੰਘ ਨੇ ਪਿੰਡ ਵਿੱਚ ਸਰੇਆਮ ਵਿਕ ਰਹੇ ਨਸ਼ੇ (ਚਿੱਟੇ) ਬਾਰੇ ਸਵਾਲ ਕੀਤਾ ਸੀ, ਜਿਸ ਤੋਂ ਬਾਅਦ ਉਸ ਵੱਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਕਥਿਤ ਤੌਰ ‘ਤੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ ਸੀ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ, ਗੁਲਜ਼ਾਰ ਸਿੰਘ ਦਾ ਵੱਡਾ ਬੇਟਾ ਨਸ਼ੇ ਦਾ ਆਦੀ ਸੀ, ਜਿਸ ਕਰਕੇ ਪਰਿਵਾਰ ਆਰਥਿਕ ਤੰਗੀ ਨਾਲ ਜੂਝ ਰਿਹਾ ਸੀ। ਸਮਾਗਮ ਵਿੱਚ ਸਵਾਲ ਪੁੱਛਣ ਤੋਂ ਬਾਅਦ ਪੁਲਿਸ ਉਸ ਦੇ ਘਰ ਪੁੱਛਗਿੱਛ ਲਈ ਪਹੁੰਚੀ, ਜਿਸ ਤੋਂ ਬਾਅਦ ਪਿੰਡ ਦੇ ਕੁਝ ਲੋਕਾਂ ਨੇ ਉਸ ਨੂੰ ਜਾਤੀਸੂਚਕ ਸ਼ਬਦ ਬੋਲ ਕੇ ਜ਼ਲੀਲ ਕੀਤਾ ਅਤੇ ਪੰਚਾਇਤ ਸਾਹਮਣੇ ਮਾਫ਼ੀ ਮੰਗਣ ਲਈ ਮਜਬੂਰ ਕਰਨ ਲੱਗੇ। ਇਸ ਨਾਮੋਸ਼ੀ ਅਤੇ ਮਾਨਸਿਕ ਤਣਾਅ ਕਾਰਨ ਗੁਲਜ਼ਾਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਤੋਂ ਬਾਅਦ ਵੱਖ-ਵੱਖ ਹਸਪਤਾਲਾਂ ਵਿੱਚੋਂ ਹੁੰਦੇ ਹੋਏ ਲੁਧਿਆਣਾ ਵਿਖੇ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੇ ਪੁੱਤਰ ਲਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਪਿੰਡ ਦੀ ਸਰਪੰਚ ਬਲਜਿੰਦਰ ਕੌਰ, ਉਸ ਦੇ ਪਤੀ ਬਲਜੀਤ ਸਿੰਘ, ਸੁਖਦੇਵ ਸਿੰਘ, ਵਿੱਕੀ ਸਿੰਘ ਅਤੇ ਗੰਨਾ ਸਿੰਘ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ (ਬੀ.ਐੱਨ.ਐੱਸ. ਧਾਰਾ 108) ਅਤੇ ਐੱਸ.ਸੀ./ਐੱਸ.ਟੀ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਸਰਪੰਚ ਦੇ ਪਤੀ ਬਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਫੜੋ-ਫੜੀ ਲਈ ਛਾਪੇਮਾਰੀ ਜਾਰੀ ਹੈ।
ਗ੍ਰਿਫ਼ਤਾਰੀ ਤੋਂ ਪਹਿਲਾਂ ਮੁਲਜ਼ਮ ਬਲਜੀਤ ਸਿੰਘ ਨੇ ਧਮਕਾਉਣ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਸੀ ਕਿ ਮੰਤਰੀ ਨੇ ਸਮਾਗਮ ਦੌਰਾਨ ਹੀ ਗੁਲਜ਼ਾਰ ਸਿੰਘ ਨੂੰ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਅਤੇ ਉਨ੍ਹਾਂ ਵੱਲੋਂ ਕੋਈ ਤੰਗ-ਪ੍ਰੇਸ਼ਾਨ ਨਹੀਂ ਕੀਤਾ ਗਿਆ। ਦੂਜੇ ਪਾਸੇ, ਆਮ ਆਦਮੀ ਪਾਰਟੀ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।





