
ਚੰਡੀਗੜ੍ਹ, 6 ਸਤੰਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਵਿਵਾਦਪੂਰਨ ਮੁੱਦੇ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਅੱਜ ਸ਼ਾਮ 4 ਵਜੇ ਮੰਤਰੀ ਮੰਡਲ ਦੀ ਇੱਕ ਹੰਗਾਮੀ (ਐਮਰਜੈਂਸੀ) ਮੀਟਿੰਗ ਬੁਲਾਈ ਹੈ, ਜਿਸ ਵਿੱਚ ਇਸ ਨਿਯੁਕਤੀ ਸਮੇਤ ਸੂਬੇ ਨਾਲ ਜੁੜੇ ਕਈ ਹੋਰ ਅਹਿਮ ਮਾਮਲਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਇਸ ਨੂੰ ਪੰਜਾਬ ਨਾਲ ਧੱਕੇਸ਼ਾਹੀ ਕਰਾਰ ਦਿੱਤਾ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਇਸ ਨਿਯੁਕਤੀ ਨੂੰ ਕਿਸੇ ਵੀ ਕੀਮਤ ‘ਤੇ ਪ੍ਰਵਾਨ ਨਹੀਂ ਕਰਦੀ। ਇਸ ਸਿਆਸੀ ਗਰਮਾ-ਗਰਮੀ ਦੇ ਵਿਚਕਾਰ ਸ਼ਾਮ ਨੂੰ ਹੋਣ ਵਾਲੀ ਉੱਚ-ਪੱਧਰੀ ਮੀਟਿੰਗ ਦੌਰਾਨ ਸਰਕਾਰ ਵੱਲੋਂ ਕੋਈ ਸਖ਼ਤ ਕਾਨੂੰਨੀ ਜਾਂ ਪ੍ਰਸ਼ਾਸਨਿਕ ਕਦਮ ਚੁੱਕਣ ਬਾਰੇ ਵੱਡਾ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਹੈ।





