
ਚੰਡੀਗੜ੍ਹ, 1 ਸਤੰਬਰ: ਸੰਯੁਕਤ ਕਿਸਾਨ ਮੋਰਚੇ (ਐੱਸ ਕੇ ਐੱਮ) ਵੱਲੋਂ ਪੰਜਾਬ ਦੇ ਪਾਣੀਆਂ ਅਤੇ ਕਿਸਾਨੀ ਨਾਲ ਜੁੜੇ ਅਹਿਮ ਮੁੱਦਿਆਂ ‘ਤੇ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਉਣ ਦੇ ਦਿੱਤੇ ਸੱਦੇ ਤਹਿਤ ਸੂਬੇ ਭਰ ਤੋਂ ਕਿਸਾਨਾਂ ਦੇ ਕਾਫ਼ਲੇ ਪਹੁੰਚਣੇ ਸ਼ੁਰੂ ਹੋ ਗਏ ਹਨ। ਕਿਸਾਨਾਂ ਦੀ ਆਮਦ ਨੂੰ ਦੇਖਦਿਆਂ ਚੰਡੀਗੜ੍ਹ ਅਤੇ ਮੁਹਾਲੀ ਪੁਲੀਸ ਵੱਲੋਂ ਮੋਰਚੇ ਵਾਲੀ ਥਾਂ ਦੇ ਆਸ-ਪਾਸ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਆਮ ਲੋਕਾਂ ਦੀ ਸਹੂਲਤ ਲਈ ਬਦਲਵੇਂ ਆਵਾਜਾਈ ਰੂਟ ਲਾਗੂ ਕੀਤੇ ਗਏ ਹਨ।
ਮੋਰਚੇ ਦੇ ਸੀਨੀਅਰ ਆਗੂਆਂ ਹਰਿੰਦਰ ਸਿੰਘ ਲੱਖੋਵਾਲ, ਪ੍ਰੇਮ ਸਿੰਘ ਭੰਗੂ ਅਤੇ ਰਮਿੰਦਰ ਸਿੰਘ ਪਟਿਆਲਾ ਦੀ ਅਗਵਾਈ ਹੇਠ ਸੈਕਟਰ 47 ਨੇੜੇ ਚੰਡੀਗੜ੍ਹ ਦੀ ਹਦੂਦ ਅੰਦਰ ਮੁੱਖ ਸਟੇਜ ਤਿਆਰ ਕੀਤੀ ਜਾ ਰਹੀ ਹੈ। ਕਿਸਾਨਾਂ ਦੀਆਂ ਟਰਾਲੀਆਂ ਏਅਰਪੋਰਟ ਰੋਡ ‘ਤੇ ਆਈਸਰ ਚੌਕ ਵਾਲੇ ਪਾਸੇ ਖੜ੍ਹੀਆਂ ਕੀਤੀਆਂ ਗਈਆਂ ਹਨ, ਜਿੱਥੋਂ ਅਗਲੇ ਸੱਤ ਦਿਨ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ।
ਇਸ ਪ੍ਰਦਰਸ਼ਨ ਦੌਰਾਨ ਕਿਸਾਨ ਮੋਰਚੇ ਵੱਲੋਂ ਪੰਜਾਬ ਪੁਨਰਗਠਨ ਐਕਟ 1966 ਦੀਆਂ ਧਾਰਾਵਾਂ 78, 79 ਅਤੇ 80 ਨੂੰ ਰੱਦ ਕਰਨ, ਕਿਸਾਨੀ ਕਰਜ਼ਾ ਮੁਆਫ਼ ਕਰਨ, ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕਰਨ ਅਤੇ ਸਾਰੀਆਂ ਫ਼ਸਲਾਂ ‘ਤੇ ਐੱਮ ਐੱਸ ਪੀ ਦੀ ਖ਼ਰੀਦ ਦੀ ਗਾਰੰਟੀ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਡੈਮ ਸੁਰੱਖਿਆ ਐਕਟ, ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਨੂੰ ਵਾਪਸ ਲੈਣ ਦੇ ਨਾਲ-ਨਾਲ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ 10,000 ਰੁਪਏ ਪ੍ਰਤੀ ਮਹੀਨਾ ਸਮਾਜਿਕ ਸੁਰੱਖਿਆ ਭੱਤਾ ਸ਼ੁਰੂ ਕਰਨ ਦੀ ਮੰਗ ਵੀ ਚੁੱਕੀ ਜਾ ਰਹੀ ਹੈ।





