ਪੰਜਾਬ ਵਿੱਚ ਡੀ.ਸੀ. ਦਫ਼ਤਰਾਂ ਅਤੇ ਤਹਿਸੀਲਾਂ ਦੇ ਕਰਮਚਾਰੀਆਂ ਦੀ ਦੋ ਦਿਨਾਂ ਹੜਤਾਲ ਸ਼ੁਰੂ, ਕੰਮਕਾਜ ਠੱਪ

ਸੂਬੇ ਭਰ ਵਿੱਚ ਸਰਕਾਰੀ ਕੰਮਕਾਜ ਪ੍ਰਭਾਵਿਤ; ਮੁਲਾਜ਼ਮ ਯੂਨੀਅਨ ਵੱਲੋਂ 27 ਅਗਸਤ ਨੂੰ ‘ਮਹਾਂ ਬੰਦ’ ਦਾ ਐਲਾਨ

ਚੰਡੀਗੜ੍ਹ,17 ਅਗਸਤ: ਆਪਣੀਆਂ ਹੱਕੀ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਮਨਵਾਉਣ ਲਈ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਸ ਤਹਿਤ ਸੂਬੇ ਭਰ ਵਿੱਚ ਅੱਜ ਤੋਂ ਦੋ ਰੋਜ਼ਾ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਕਾਰਨ ਜ਼ਿਲ੍ਹਾ ਪੱਧਰੀ ਦਫ਼ਤਰਾਂ ਤੋਂ ਲੈ ਕੇ ਸਬ-ਤਹਿਸੀਲਾਂ ਤੱਕ ਦਾ ਸਮੁੱਚਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

ਯੂਨੀਅਨ ਦੀ ਸੂਬਾਈ ਲੀਡਰਸ਼ਿਪ ਦਾ ਕਹਿਣਾ ਹੈ ਕਿ ਬੀਤੀ 9 ਅਗਸਤ ਨੂੰ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਇਹ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ। ਜ਼ਿਕਰਯੋਗ ਹੈ ਕਿ ਬੀਤੀ 7 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ-39 ਸਥਿਤ ਦਾਣਾ ਮੰਡੀ ਵਿਖੇ ਹੋਈ ਮਹਾਂਰੈਲੀ ਦੌਰਾਨ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਸਨ। ਇਸ ਘਟਨਾ ਤੋਂ ਬਾਅਦ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਹ ਪਾਇਆ ਜਾ ਰਿਹਾ ਹੈ। ਇਸ ਦੇ ਵਿਰੋਧ ਵਜੋਂ ਯੂਨੀਅਨ ਨੇ ਆਉਂਦੀ 27 ਅਗਸਤ ਨੂੰ ਪੂਰੇ ਪੰਜਾਬ ਵਿੱਚ ਸਮੂਹਿਕ ਛੁੱਟੀ ਲੈ ਕੇ ‘ਮਹਾਂ ਬੰਦ’ ਦਾ ਸੱਦਾ ਦਿੱਤਾ ਹੈ।

ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਅਤੇ ਸਤਨਾਮ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. (ਮਹਿੰਗਾਈ ਭੱਤੇ) ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਨੂੰ ਸਹੀ ਢੰਗ ਨਾਲ ਲਾਗੂ ਕਰਨਾ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੈਅ ਕਰਨਾ ਅਤੇ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨਾ ਸ਼ਾਮਲ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦ ਹੀ ਇਨ੍ਹਾਂ ਮੰਗਾਂ ਦਾ ਕੋਈ ਠੋਸ ਹੱਲ ਨਾ ਕੱਢਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।

Leave a Comment

Your email address will not be published. Required fields are marked *