ਬਾਦਲਾਂ ਵਾਂਗ ਬਿਨਾਂ ਸ਼ਰਤ ਨਹੀਂ, ਪੰਜਾਬ ਅਤੇ ਪੰਥਕ ਮੁੱਦਿਆਂ ‘ਤੇ ਭਾਜਪਾ ਨਾਲ ਸਮਝੌਤੇ ਲਈ ਤਿਆਰ: ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 30 ਅਗਸਤ: ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ (ਪੁਨਰ ਸੁਰਜੀਤ) ਨੇ ਭਾਰਤੀ ਜਨਤਾ ਪਾਰਟੀ (BJP) ਨਾਲ ਗੱਠਜੋੜ ਕਰਨ ਬਾਰੇ ਆਪਣਾ ਰੁਖ਼ ਸਪੱਸ਼ਟ ਕੀਤਾ ਹੈ। ਮੱਖਣ ਸ਼ਾਹ ਲੁਬਾਣਾ ਭਵਨ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਅਹਿਮ ਬੈਠਕ ਕਰਨ ਤੋਂ ਬਾਅਦ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਭਾਜਪਾ ਨਾਲ ਹੱਥ ਮਿਲਾਉਣ ਲਈ ਤਿਆਰ ਹਨ, ਪਰ ਇਹ ਸਮਝੌਤਾ ਕੇਵਲ ਪੰਜਾਬ ਅਤੇ ਪੰਥ ਦੇ ਹਿੱਤਾਂ ਨਾਲ ਜੁੜੀਆਂ ਸ਼ਰਤਾਂ ਦੇ ਆਧਾਰ ‘ਤੇ ਹੀ ਹੋਵੇਗਾ।
ਗਿਆਨੀ ਹਰਪ੍ਰੀਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਮਝੌਤਾ 1996 ਵਿੱਚ ਬਾਦਲ ਪਰਿਵਾਰ ਵੱਲੋਂ ਕੀਤੇ ਗਏ ਬਿਨਾਂ ਸ਼ਰਤ ਗੱਠਜੋੜ ਵਾਂਗ ਬਿਲਕੁਲ ਨਹੀਂ ਹੋਵੇਗਾ, ਬਲਕਿ ਸੂਬੇ ਦੇ ਹਿੱਤਾਂ ਨੂੰ ਪਹਿਲ ਦਿੱਤੀ ਜਾਵੇਗੀ।
ਇਸ ਮੀਟਿੰਗ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੁੱਚਾ ਸਿੰਘ ਛੋਟੇਪੁਰ ਸਮੇਤ ਕਈ ਦਿੱਗਜ ਨੇਤਾ ਸ਼ਾਮਲ ਸਨ। ਆਗੂਆਂ ਨੇ ਸਪੱਸ਼ਟ ਕੀਤਾ ਕਿ ਬਾਦਲ ਪਰਿਵਾਰ ਨੂੰ ਛੱਡ ਕੇ ਬਾਕੀ ਸਾਰੇ ਅਕਾਲੀ ਧੜਿਆਂ ਤੇ ਪੰਥਕ ਜਥੇਬੰਦੀਆਂ ਲਈ ਉਹਨਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਇਸ ਦੇ ਨਾਲ ਹੀ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਜਲਦ ਹੀ ਵੱਖ-ਵੱਖ ਹਲਕਿਆਂ ਵਿੱਚ ਮੁੱਖ ਸੇਵਾਦਾਰ ਨਿਯੁਕਤ ਕੀਤੇ ਜਾਣਗੇ।

Leave a Comment

Your email address will not be published. Required fields are marked *