
ਚੰਡੀਗੜ੍ਹ, 10 ਸਤੰਬਰ:ਆਮ ਆਦਮੀ ਪਾਰਟੀ (ਆਪ) ਦੀ ਨੈਸ਼ਨਲ ਕੌਂਸਲ ਦੀ ਵਰਚੁਅਲ ਮੀਟਿੰਗ ਦੌਰਾਨ ਅਰਵਿੰਦ ਕੇਜਰੀਵਾਲ ਨੂੰ ਸਰਬਸੰਮਤੀ ਨਾਲ ਮੁੜ ਪਾਰਟੀ ਦਾ ਕੌਮੀ ਕਨਵੀਨਰ ਚੁਣ ਲਿਆ ਗਿਆ ਹੈ। ਇਸ ਮੀਟਿੰਗ ਵਿੱਚ ਦੇਸ਼ ਭਰ ਤੋਂ 330 ਮੈਂਬਰਾਂ ਨੇ ਹਿੱਸਾ ਲਿਆ। ਇਸ ਦੇ ਨਾਲ ਹੀ ਪਾਰਟੀ ਵੱਲੋਂ ਪੰਕਜ ਗੁਪਤਾ ਨੂੰ ਕੌਮੀ ਸਕੱਤਰ ਅਤੇ ਐੱਨ. ਡੀ. ਗੁਪਤਾ ਨੂੰ ਖ਼ਜ਼ਾਨਚੀ ਵਜੋਂ ਬਰਕਰਾਰ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਨੇ ਆਪਣੀਆਂ ਸੰਗਠਨਾਤਮਕ ਗਤੀਵਿਧੀਆਂ ਨੂੰ ਤੇਜ਼ ਕਰਨ ਲਈ 23 ਮੈਂਬਰਾਂ ‘ਤੇ ਅਧਾਰਿਤ ਇੱਕ ਨਵੀਂ ਕੌਮੀ ਕਾਰਜਕਾਰਨੀ ਦਾ ਵੀ ਗਠਨ ਕੀਤਾ ਹੈ। ਅਰਵਿੰਦ ਕੇਜਰੀਵਾਲ ਦੀ ਮੁੜ ਚੋਣ ਅਤੇ ਨਵੀਂ ਲੀਡਰਸ਼ਿਪ ਦੀ ਐਲਾਨ ਨਾਲ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ।ਨਵੀਂ ਚੁਣੀ ਗਈ ਇਹ ਟੀਮ ਪਾਰਟੀ ਦੇ ਵਿਸਥਾਰ ਅਤੇ ਅਗਲੇਰੀਆਂ ਸਿਆਸੀ ਰਣਨੀਤੀਆਂ ਨੂੰ ਅਮਲੀ ਰੂਪ ਦੇਣ ਲਈ ਮਿਲ ਕੇ ਕੰਮ ਕਰੇਗੀ। ਆਮ ਆਦਮੀ ਪਾਰਟੀ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਦੇਸ਼ ਭਰ ਵਿੱਚ ਆਪਣਾ ਆਧਾਰ ਵਧਾਉਣ ਲਈ ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਅਜਿਹੇ ਅਹਿਮ ਫ਼ੈਸਲੇ ਲੈ ਰਹੀ ਹੈ।





