ਟਰੰਪ ਵੱਲੋਂ ਰੂਸੀ ਤੇਲ ਅਤੇ ਗੈਸ ਖਰੀਦਣ ਵਾਲੇ ਦੇਸ਼ਾਂ ਨੂੰ ਟੈਰਿਫ ਤੋਂ ਛੋਟ, ਭਾਰਤ ਨੂੰ ਮਿਲੀ ਵੱਡੀ ਰਾਹਤ

ਵਾਸ਼ਿੰਗਟਨ 17  ਅਕਤੂਬਰ:ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕਾ ਦੇ ‘ਕੌਮੀ ਹਿੱਤਾਂ’ ਨੂੰ ਧਿਆਨ ਵਿੱਚ ਰੱਖਦਿਆਂ ‘ਸੈਂਕਸ਼ਨਿੰਗ ਰੂਸ ਅਤੇ ਈਰਾਨ ਐਕਟ’ (ਗ੍ਰਾਹਮ ਐਕਟ) ਤਹਿਤ ਰੂਸੀ ਤੇਲ ਅਤੇ ਗੈਸ ਖਰੀਦਣ ਵਾਲੇ ਦੇਸ਼ਾਂ ‘ਤੇ ਲੱਗਣ ਵਾਲੀਆਂ ਪਾਬੰਦੀਆਂ ਅਤੇ ਟੈਰਿਫਾਂ ਤੋਂ ਛੋਟ ਦੇਣ ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਰਾਤ ਜਾਰੀ ਕੀਤੇ ਗਏ ਇੱਕ ਕਾਰਜਕਾਰੀ ਹੁਕਮ ਰਾਹੀਂ ਲਏ ਗਏ ਇਸ ਫੈਸਲੇ ਨਾਲ ਭਾਰਤ ਅਤੇ ਚੀਨ ਸਮੇਤ ਦੁਨੀਆ ਦੇ ਵੱਡੇ ਤੇਲ ਦਰਾਮਦਕਾਰ ਮੁਲਕਾਂ ਨੂੰ ਵੱਡੀ ਰਾਹਤ ਮਿਲੀ ਹੈ।

ਜ਼ਿਕਰਯੋਗ ਹੈ ਕਿ ਅਮਰੀਕੀ ਕਾਂਗਰਸ ਵੱਲੋਂ ਪਾਸ ਕੀਤੇ ਗਏ ਇਸ ਕਾਨੂੰਨ ‘ਤੇ ਟਰੰਪ ਨੇ 18 ਸਤੰਬਰ ਨੂੰ ਦਸਤਖ਼ਤ ਕੀਤੇ ਸਨ। ਇਸ ਐਕਟ ਤਹਿਤ ਰੂਸ ਤੋਂ ਤੇਲ ਜਾਂ ਗੈਸ ਖਰੀਦਣ ਵਾਲੇ ਪੰਜ ਸਭ ਤੋਂ ਵੱਡੇ ਦਰਾਮਦਕਾਰ ਮੁਲਕਾਂ ਤੋਂ ਅਮਰੀਕਾ ਆਉਣ ਵਾਲੀਆਂ ਵਸਤੂਆਂ ‘ਤੇ 100 ਫੀਸਦੀ ਤੱਕ ਭਾਰੀ ਟੈਰਿਫ ਲਗਾਉਣ ਦੀ ਵਿਵਸਥਾ ਸੀ। ਟਰੰਪ ਨੇ ਕਾਨੂੰਨ ਦੀ ਧਾਰਾ 115(a) ਅਧੀਨ ਰਾਸ਼ਟਰਪਤੀ ਨੂੰ ਮਿਲੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਨ੍ਹਾਂ ਟੈਰਿਫਾਂ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ।

ਅਮਰੀਕਾ ਦਾ ਇਹ ਫੈਸਲਾ ਵਿਦੇਸ਼ ਮੰਤਰੀ ਮਾਰਕੋ ਰੂਬੀਓ ਦੇ ਭਾਰਤ ਦੌਰੇ ਅਤੇ ਅਮਰੀਕਾ-ਰੂਸ ਵਿਚਾਲੇ ਡੀਜ਼ਲ ਸਪਲਾਈ ਸਮਝੌਤੇ ਤੋਂ ਠੀਕ ਪਹਿਲਾਂ ਆਇਆ ਹੈ। ਇਸ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਮਹਾਸਭਾ ਦੌਰਾਨ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਰੂਬੀਓ ਸਾਹਮਣੇ ਇਹ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ ਸੀ। ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਮੱਧ ਪੂਰਬ ਵਿੱਚ ਚੱਲ ਰਹੇ ਤਣਾਅ ਕਾਰਨ ਤੇਲ ਸਪਲਾਈ ਪ੍ਰਭਾਵਿਤ ਹੋਈ ਹੈ ਅਤੇ ਭਾਰਤੀ ਰਿਫਾਇਨਰੀਆਂ ਖਾਸ ਤੌਰ ‘ਤੇ ‘ਮੀਡੀਅਮ ਸੌਰ’ ਕੱਚੇ ਤੇਲ ਲਈ ਡਿਜ਼ਾਈਨ ਕੀਤੀਆਂ ਗਈਆਂ ਹਨ, ਜਿਸ ਕਾਰਨ ਭਾਰਤੀ ਅਰਥਵਿਵਸਥਾ ਨੂੰ ਸਥਿਰ ਰੱਖਣ ਲਈ ਰੂਸੀ ਕੱਚੇ ਤੇਲ ‘ਤੇ ਨਿਰਭਰਤਾ ਬੇਹੱਦ ਜ਼ਰੂਰੀ ਹੈ।

Leave a Comment

Your email address will not be published. Required fields are marked *