
ਚੰਡੀਗੜ੍ਹ, 14 ਨਵੰਬਰ: ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਲਈ ਇੱਕ ਨਿਵੇਕਲੀ ਪਹਿਲ ਕਰਨ ਜਾ ਰਹੀ ਹੈ। ਮਸ਼ਹੂਰ ਟੀ.ਵੀ. ਸ਼ੋਅ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ‘ਤੇ ਹੁਣ ਸੂਬੇ ਵਿੱਚ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਕਰਵਾਇਆ ਜਾਵੇਗਾ, ਜਿਸ ਦਾ ਰਸਮੀ ਐਲਾਨ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ਕੀਤਾ ਜਾ ਰਿਹਾ ਹੈ।
ਇਸ ਮੁਕਾਬਲੇ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਦੇ ਖੇਤਰ ਵਿੱਚ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਇਤਿਹਾਸ ਤੋਂ ਜਾਣੂ ਕਰਵਾਉਣਾ ਹੈ। ਇਸ ਸ਼ੋਅ ਵਿੱਚ 15 ਤੋਂ 30 ਸਾਲ ਦੀ ਉਮਰ ਵਰਗ ਦੇ ਨੌਜਵਾਨ ਹਿੱਸਾ ਲੈ ਸਕਣਗੇ, ਜਿਨ੍ਹਾਂ ਤੋਂ ਪੰਜਾਬ ਦੇ ਵਿਰਸੇ ਅਤੇ ਸੱਭਿਆਚਾਰ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ। ਸਰਕਾਰ ਵੱਲੋਂ ਇਸ ਮੁਕਾਬਲੇ ਦੇ ਜੇਤੂ ਨੂੰ 1 ਕਰੋੜ ਰੁਪਏ ਤੱਕ ਦਾ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।





