ਪੰਜਾਬ ਵੋਟਰ ਸੂਚੀ: 20.66 ਲੱਖ ਵੋਟਰ ਬਾਹਰ, ਚੋਣ ਕਮਿਸ਼ਨ ਨੇ ਜਾਰੀ ਕੀਤਾ ਖਰੜਾ

ਚੰਡੀਗੜ੍ਹ, 14 ਅਗਸਤ: ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਪ੍ਰਕਿਰਿਆ ਤਹਿਤ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਵੋਟਰ ਸੂਚੀ ਦਾ ਖਰੜਾ ਜਾਰੀ ਕਰ ਦਿੱਤਾ ਗਿਆ ਹੈ। ਗਣਨਾ ਫਾਰਮ ਨਾ ਭਰਨ ਕਾਰਨ ਕੁੱਲ 20.66 ਲੱਖ ਵੋਟਰਾਂ ਦੇ ਨਾਮ ਇਸ ਖਰੜੇ ਵਿੱਚੋਂ ਹਟਾ ਦਿੱਤੇ ਗਏ ਹਨ।

ਕੱਟੇ ਗਏ ਵੋਟਰਾਂ ਵਿੱਚ 5.74 ਲੱਖ ਅਜਿਹੇ ਵੋਟਰ ਸ਼ਾਮਲ ਹਨ ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ, 1.19 ਲੱਖ ਵੋਟਾਂ ਡੁਪਲੀਕੇਟ ਯਾਨੀ ਦੋਹਰੀਆਂ ਸਨ, 9.44 ਲੱਖ ਵੋਟਰ ਆਪਣੀ ਰਿਹਾਇਸ਼ ਬਦਲ ਚੁੱਕੇ ਹਨ ਅਤੇ 4.12 ਲੱਖ ਵੋਟਰਾਂ ਨਾਲ ਸੰਪਰਕ ਨਹੀਂ ਹੋ ਸਕਿਆ ਹੈ। ਇਸ ਪ੍ਰਕਿਰਿਆ ਤੋਂ ਪਹਿਲਾਂ ਜੂਨ 2026 ਵਿੱਚ ਪੰਜਾਬ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2.14 ਕਰੋੜ ਸੀ, ਜੋ ਹੁਣ ਘਟ ਕੇ 1.93 ਕਰੋੜ ਰਹਿ ਗਈ ਹੈ। ਚੋਣ ਕਮਿਸ਼ਨ ਵੱਲੋਂ 12 ਅਕਤੂਬਰ ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ।

ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕਰਕੇ ਵੋਟਰ ਸੂਚੀ ਦੇ ਖਰੜੇ ਦੀਆਂ ਕਾਪੀਆਂ ਸੌਂਪੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਖਰੜਾ ਸੀ.ਈ.ਓ. (CEO) ਪੰਜਾਬ ਦੀ ਵੈੱਬਸਾਈਟ ਅਤੇ ਸਿਟੀਜ਼ਨ ਪੋਰਟਲ ‘ਤੇ ਉਪਲਬਧ ਹੈ। ਜਿਨ੍ਹਾਂ ਨਾਗਰਿਕਾਂ ਦੇ ਨਾਮ ਇਸ ਸੂਚੀ ਵਿੱਚ ਨਹੀਂ ਹਨ, ਉਹ 13 ਅਗਸਤ ਤੋਂ 12 ਸਤੰਬਰ 2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਦੇ ਹਨ। ਇਸ ਤੋਂ ਇਲਾਵਾ, ਵੋਟਰਾਂ ਦੀ ਸਹੂਲਤ ਲਈ 16 ਅਗਸਤ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ।

ਇਸ ਮਾਮਲੇ ‘ਤੇ ਸਿਆਸੀ ਪਾਰਟੀਆਂ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਅਤੇ ਹੋਰ ਵੱਡੇ ਸ਼ਹਿਰਾਂ ਵਿੱਚ ਵੱਡੇ ਪੱਧਰ ‘ਤੇ ਵੋਟਰਾਂ ਦੇ ਨਾਮ ਕੱਟੇ ਜਾਣ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਦੀਆਂ ਟੀਮਾਂ ਨੇ ਵੋਟਰ ਸੂਚੀ ਦੀ ਘੋਖ ਸ਼ੁਰੂ ਕਰ ਦਿੱਤੀ ਹੈ, ਖਾਸ ਕਰਕੇ ਸ਼ਹਿਰੀ ਕੇਂਦਰਾਂ ਵਿੱਚ ਜਿੱਥੇ ਵੱਡੀ ਗਿਣਤੀ ਵਿੱਚ ਨਾਮ ਹਟਾਏ ਗਏ ਹਨ। ਇਸ ਦੇ ਨਾਲ ਹੀ ‘ਆਪ’ ਆਗੂ ਬਲਤੇਜ ਪੰਨੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀਆਂ ਬੂਥ ਲਵਲ ਏਜੰਟਾਂ (BLAs) ਰਾਹੀਂ ਸੂਚੀ ਦੀ ਪੜਤਾਲ ਕਰਨਗੀਆਂ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਅਸਲ ਵੋਟਰ ਦਾ ਨਾਮ ਨਾ ਕੱਟਿਆ ਜਾਵੇ।

Leave a Comment

Your email address will not be published. Required fields are marked *