
ਪਟਿਆਲਾ, 16 ਅਗਸਤ: ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਪੂਟਾ ਦੇ ਪ੍ਰਧਾਨ ਡਾ. ਨਿਸ਼ਾਨ ਸਿੰਘ ਦਿਓਲ ਦੀ ਅਗਵਾਈ ਹੇਠ ਦਿੱਤੇ ਇਸ ਧਰਨੇ ਦੌਰਾਨ ਬੁਲਾਰਿਆਂ ਨੇ ਦੱਸਿਆ ਕਿ ਵਾਈਸ ਚਾਂਸਲਰ ਨਾਲ ਕਈ ਗੇੜਾਂ ਦੀਆਂ ਮੀਟਿੰਗਾਂ ਦੇ ਬਾਵਜੂਦ ਕੋਈ ਮਸਲਾ ਹੱਲ ਨਹੀਂ ਹੋਇਆ, ਜਿਸ ਕਰਕੇ ਹੀ ਉਨ੍ਹਾਂ ਨੂੰ ਮਜਬੂਰਨ ਇਹ ਸੰਘਰਸ਼ ਦਾ ਰਾਹ ਚੁਣਨਾ ਪਿਆ। ਇਸ ਮੌਕੇ ਪੂਟਾ ਆਗੂ ਡਾ. ਚਰਨਜੀਤ ਨੌਹਰਾ, ਸੁਖਜਿੰਦਰ ਬੁੱਟਰ, ਡਾ. ਰਾਜਿੰਦਰ ਸਿੰਘ ਚੰਦੇਲ, ਡਾ. ਰਾਜਦੀਪ ਸਿੰਘ, ਡਾ. ਜਸਦੀਪ ਸਿੰਘ ਤੂਰ, ਡਾ. ਗੌਰਵਦੀਪ ਅਤੇ ਡਾ. ਵਿਕਾਸ ਰਾਣਾ ਸਮੇਤ ਵੱਡੀ ਗਿਣਤੀ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਅਧਿਆਪਕਾਂ ਨੇ ਆਪਣੀਆਂ ਮੁੱਖ ਮੰਗਾਂ ਸਾਹਮਣੇ ਰੱਖਦਿਆਂ ਆਖਿਆ ਕਿ 31 ਦਸੰਬਰ 2024 ਤੋਂ ਪਹਿਲਾਂ ਦੇ ਲਟਕਦੇ ਕੇਸਾਂ ‘ਤੇ ਯੂ.ਜੀ.ਸੀ. ਦੇ 2016 ਵਾਲੇ ਨਿਯਮ ਹੀ ਲਾਗੂ ਬਣਦੇ ਹਨ, ਪਰ ਪ੍ਰਸ਼ਾਸਨ ਵੱਲੋਂ 2018 ਦੇ ਨਿਯਮ ਲਾਗੂ ਕਰਕੇ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਅਧਿਆਪਕਾਂ ਦੀਆਂ ਰੁਕੀਆਂ ਹੋਈਆਂ ਪ੍ਰੋਮੋਸ਼ਨਾਂ ਕਰਨ, 7ਵੇਂ ਪੇ ਕਮਿਸ਼ਨ ਦੇ ਵਧੇ ਹੋਏ ਬਕਾਏ ਜਾਰੀ ਕਰਨ, ਖਾਲੀ ਅਸਾਮੀਆਂ ‘ਤੇ ਨਵੀਂ ਭਰਤੀ ਕਰਨ ਅਤੇ ਐੱਡਹਾਕ ਅਧਿਆਪਕਾਂ ਨੂੰ ਪੱਕਾ ਕਰਨ ਦੀ ਪੁਰਜ਼ੋਰ ਵਕਾਲਤ ਕੀਤੀ। ਪੂਟਾ ਦੇ ਸਕੱਤਰ ਡਾ. ਅਵਨੀਤਪਾਲ ਸਿੰਘ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਯੂਨੀਵਰਸਿਟੀ ਪ੍ਰਸ਼ਾਸਨ ਉਨ੍ਹਾਂ ਦੀਆਂ ਇਹ ਸਾਰੀਆਂ ਮੰਗਾਂ ਪੂਰੀਆਂ ਨਹੀਂ ਕਰਦਾ, ਉਦੋਂ ਤੱਕ ਇਹ ਅੰਦੋਲਨ ਨਿਰੰਤਰ ਜਾਰੀ ਰਹੇਗਾ।





