
ਚੰਡੀਗੜ੍ਹ, 31 ਅਗਸਤ: ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਕਮਿਸ਼ਨ ਨੇ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਵਿਰੁੱਧ ਕਥਿਤ ਤੌਰ ‘ਤੇ ਭੱਦੀ ਸ਼ਬਦਾਵਲੀ ਵਰਤਣ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਨੂੰ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ। ਪਹਿਲਾਂ ਹੀ ਪਾਰਟੀ ਦੀ ਅੰਦਰੂਨੀ ਬਗਾਵਤ ਨਾਲ ਜੂਝ ਰਹੇ ਕਾਂਗਰਸ ਪ੍ਰਧਾਨ ਲਈ ਇਹ ਫੈਸਲਾ ਵੱਡੀ ਨਵੀਂ ਚੁਣੌਤੀ ਮੰਨਿਆ ਜਾ ਰਿਹਾ ਹੈ।
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਦੀ ਅਗਵਾਈ ਹੇਠ ਹੋਈ ਸੁਣਵਾਈ ਦੌਰਾਨ ਮਰਹੂਮ ਬੂਟਾ ਸਿੰਘ ਦੇ ਸਪੁੱਤਰ ਅਤੇ ਪਟੀਸ਼ਨਰ ਸਰਬਜੋਤ ਸਿੰਘ ਹਾਜ਼ਰ ਹੋਏ, ਜਦਕਿ ਪੰਜਾਬ ਪੁਲੀਸ ਵੱਲੋਂ ਡੀ.ਐੱਸ.ਪੀ. ਹਰਪ੍ਰੀਤ ਸਿੰਘ ਅਤੇ ਡੀ.ਐੱਸ.ਪੀ. ਗੁਲਜ਼ਾਰ ਸਿੰਘ ਪੇਸ਼ ਹੋਏ। ਸੁਣਵਾਈ ਦੌਰਾਨ ਕਮਿਸ਼ਨ ਨੇ ਪੰਜਾਬ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ, ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਰਿਪੋਰਟ ਸੌਂਪਣ ਵਿੱਚ ਹੋ ਰਹੀ ਦੇਰੀ ‘ਤੇ ਗੰਭੀਰ ਚਿੰਤਾ ਪ੍ਰਗਟਾਈ। ਕਮਿਸ਼ਨ ਨੇ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਦਿਆਂ ਜਾਂਚ ਜਲਦੀ ਤੋਂ ਜਲਦੀ ਪੂਰੀ ਕਰਨ ਅਤੇ ਸਮਰੱਥ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਜਾਂਚ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਵਿਭਾਗੀ ਕਾਰਵਾਈ ਕਰਨ ਦੀ ਸਿਫ਼ਾਰਸ਼ ਵੀ ਕੀਤੀ ਗਈ ਹੈ।
ਕਮਿਸ਼ਨ ਨੇ ਪਟੀਸ਼ਨਰ ਸਰਬਜੋਤ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਦਿੱਲੀ ਅਤੇ ਪੰਜਾਬ ਦੋਵਾਂ ਥਾਵਾਂ ‘ਤੇ ਉਨ੍ਹਾਂ ਨੂੰ ਤੁਰੰਤ ਢੁਕਵੀਂ ਪੁਲੀਸ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਪੁਲੀਸ ਪ੍ਰਸ਼ਾਸਨ ਨੂੰ ਗ੍ਰਿਫ਼ਤਾਰੀ ਦੀ ਸਥਿਤੀ ਬਾਰੇ 5 ਦਿਨਾਂ ਦੇ ਅੰਦਰ ਕਮਿਸ਼ਨ ਨੂੰ ਸੂਚਿਤ ਕਰਨ ਅਤੇ ਪੂਰੀ ਐਕਸ਼ਨ ਟੇਕਨ ਰਿਪੋਰਟ 30 ਦਿਨਾਂ ਦੇ ਅੰਦਰ ਪੇਸ਼ ਕਰਨ ਲਈ ਕਿਹਾ ਗਿਆ ਹੈ।





