ਕਿਸਾਨ ਮਜ਼ਦੂਰ ਮੋਰਚਾ ਵੱਲੋਂ ‘ਆਪ’ ਮੰਤਰੀਆਂ ਅਤੇ ਸਪੀਕਰ ਦੇ ਘਰਾਂ ਅੱਗੇ 5 ਰੋਜ਼ਾ ਧਰਨਿਆਂ ਦਾ ਐਲਾਨ

ਚੰਡੀਗੜ੍ਹ, 13 ਸਤੰਬਰ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਕਰ ਦਿੱਤਾ ਹੈ। ਕਿਸਾਨ ਮਜ਼ਦੂਰ ਮੋਰਚਾ (ਕੇ.ਐੱਮ.ਐੱਮ.) ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸੂਬਾ ਪਾਰਟੀ ਪ੍ਰਧਾਨ ਅਮਨ ਅਰੋੜਾ ਅਤੇ ‘ਆਪ’ ਦੇ ਸੱਤ ਕੈਬਨਿਟ ਮੰਤਰੀਆਂ ਦੀਆਂ ਰਿਹਾਇਸ਼ਾਂ ਅੱਗੇ 5 ਦਿਨਾਂ ਧਰਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਬੀਕੇਯੂ ਏਕਤਾ ਉਗਰਾਹਾਂ ਵੱਲੋਂ ਮੰਤਰੀਆਂ ਦੇ ਘਿਰਾਓ ਤੋਂ ਬਾਅਦ ਹੁਣ ਕੇ.ਐੱਮ.ਐੱਮ. ਦਾ ਇਹ ਕਦਮ ਸੂਬਾ ਸਰਕਾਰ ਲਈ ਵੱਡੀ ਰਾਜਨੀਤਿਕ ਚੁਣੌਤੀ ਬਣਦਾ ਨਜ਼ਰ ਆ ਰਿਹਾ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਮੰਗਾਂ ‘ਤੇ ਗੰਭੀਰਤਾ ਨਾਲ ਗੱਲਬਾਤ ਸ਼ੁਰੂ ਨਾ ਕੀਤੀ, ਤਾਂ 16 ਸਤੰਬਰ ਦੀ ਬੈਠਕ ‘ਚ ਹੋਰ ਤਿੱਖੇ ਅੰਦੋਲਨ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਇਸ ਵਿਰੋਧ ਦਾ ਮੁੱਖ ਕਾਰਨ ਝੋਨੇ ਦੀ ਫ਼ਸਲ ਲਈ ਬਿਜਲੀ ਦੀ ਸਪਲਾਈ ਅਤੇ ਡੀ.ਏ.ਪੀ. ਵਾ ਯੂਰੀਆ ਖਾਦ ਦੀ ਘਾਟ ਦਾ ਸੰਕਟ ਹੈ। ਇਸ ਤੋਂ ਇਲਾਵਾ ਕਿਸਾਨ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂ ਦੀ ਐੱਮ.ਐੱਸ.ਪੀ. ‘ਤੇ ਸਰਕਾਰੀ ਖਰੀਦ, ਪੂਰਾ ਕਰਜ਼ਾ ਮੁਆਫ਼ ਕਰਨ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਦੇਣ ਅਤੇ ਹੜ੍ਹ ਤੇ ਡਿੱਗਦੇ ਭੂਮੀਗਤ ਪਾਣੀ ਦੇ ਪੱਧਰ ਨਾਲ ਨਜਿੱਠਣ ਲਈ ਨੀਤੀ ਬਣਾਉਣ ਵਰਗੀਆਂ ਮੰਗਾਂ ਚੁੱਕ ਰਹੇ ਹਨ।

ਕਿਸਾਨ ਮਜ਼ਦੂਰ ਮੋਰਚਾ ਵੱਲੋਂ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ, ਵਾਹਗਾ ਬਾਰਡਰ ਰਾਹੀਂ ਵਪਾਰ ਖੋਲ੍ਹਣ, ਭਾਰਤਮਾਲਾ ਪ੍ਰੋਜੈਕਟ ਲਈ ਜ਼ਮੀਨ ਐਕਵਾਇਰ ਕਰਨ ‘ਤੇ ਰੋਕ ਲਗਾਉਣ, ਪ੍ਰੀਪੇਡ ਬਿਜਲੀ ਮੀਟਰਾਂ ਦਾ ਵਿਰੋਧ ਕਰਨ ਅਤੇ ਵਿਧਾਨ ਸਭਾ ‘ਚ ਸੀਡ ਐਕਟ 2025 ਤੇ ਬਿਜਲੀ ਸੋਧ ਬਿੱਲ ਵਰਗੇ ਕਾਨੂੰਨਾਂ ਵਿਰੁੱਧ ਮਤੇ ਪਾਸ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਹ ਧਰਨੇ ਜੰਡਿਆਲਾ ਵਿੱਚ ਹਰਭਜਨ ਸਿੰਘ ਈ.ਟੀ.ਓ., ਸੁਨਾਮ ਵਿੱਚ ਅਮਨ ਅਰੋੜਾ, ਭੋਆ ਵਿੱਚ ਲਾਲ ਚੰਦ ਕਟਾਰੂਚੱਕ, ਹੁਸ਼ਿਆਰਪੁਰ ਵਿੱਚ ਡਾ. ਰਵਜੋਤ ਸਿੰਘ, ਸ੍ਰੀ ਮੁਕਤਸਰ ਸਾਹਿਬ ਵਿੱਚ ਗੁਰਮੀਤ ਸਿੰਘ ਖੁੱਡੀਆਂ, ਜਲੰਧਰ ਵਿੱਚ ਮਹਿੰਦਰ ਭਗਤ, ਲੁਧਿਆਣਾ ਵਿੱਚ ਹਰਦੀਪ ਸਿੰਘ ਮੁੰਡੀਆ ਅਤੇ ਫਰੀਦਕੋਟ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਲਾਏ ਜਾਣਗੇ।

Leave a Comment

Your email address will not be published. Required fields are marked *