
ਚੰਡੀਗੜ੍ਹ,23 ਅਗਸਤ: ਖਾਲਿਸਤਾਨ ਪੱਖੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਤਿੰਨ ਸਾਲ ਬਾਅਦ ਗੈਂਗਸਟਰ ਗੋਲਡੀ ਬਰਾੜ ਦਾ ਇੱਕ ਕਥਿਤ ਆਡੀਓ ਕਲਿੱਪ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਆਡੀਓ ਵਿੱਚ ਗੋਲਡੀ ਬਰਾੜ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਹੀ ਨਿੱਝਰ ਦਾ ਕਤਲ ਕੀਤਾ ਸੀ। ਵਾਇਰਲ ਰਿਕਾਰਡਿੰਗ ਵਿੱਚ ਉਹ ਬੱਬਰ ਖਾਲਸਾ ਨਾਲ ਜੁੜੇ ਪਰਮਜੀਤ ਸਿੰਘ ਪੰਮਾ ਨਾਲ ਗੱਲਬਾਤ ਕਰਦਾ ਸੁਣਾਈ ਦੇ ਰਿਹਾ ਹੈ, ਹਾਲਾਂਕਿ ਇਸ ਆਡੀਓ ਦੀ ਸੱਚਾਈ ਦੀ ਅਜੇ ਤੱਕ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਬਰਾੜ ਨੇ ਆਡੀਓ ਵਿੱਚ ਦੋਸ਼ ਲਾਇਆ ਕਿ ਨਿੱਝਰ 16-17 ਸਾਲ ਦੇ ਨੌਜਵਾਨਾਂ ਨੂੰ ਨਸ਼ਾ ਵੇਚਣ ਲਈ ਵਰਤਦਾ ਅਤੇ ਬਲੈਕਮੇਲ ਕਰਦਾ ਸੀ, ਜਿਸ ਦੇ ਬਦਲੇ ਵਜੋਂ ਉਸ ਦਾ ਕਤਲ ਕੀਤਾ ਗਿਆ। ਜ਼ਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਗਰੋਹ ਨਾਲ ਸਬੰਧਤ ਗੋਲਡੀ ਬਰਾੜ (ਸਤਿੰਦਰਜੀਤ ਸਿੰਘ) ਖ਼ਿਲਾਫ਼ ਅਮਰੀਕੀ ਜਾਂਚ ਏਜੰਸੀ ਐੱਫ.ਬੀ.ਆਈ ਨੇ 50,000 ਡਾਲਰ ਦਾ ਇਨਾਮ ਰੱਖਿਆ ਹੋਇਆ ਹੈ। ਉਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੀ ਮੁੱਖ ਮੁਲਜ਼ਮ ਹੈ ਅਤੇ ਭਾਰਤ ਸਰਕਾਰ ਉਸ ਨੂੰ ਦਹਿਸ਼ਤਗਰਦ ਐਲਾਨ ਚੁੱਕੀ ਹੈ।
ਹਰਦੀਪ ਸਿੰਘ ਨਿੱਝਰ ਦੀ 18 ਜੂਨ 2023 ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ (ਸਰੀ) ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ‘ਤੇ ਕੈਨੇਡਾ ਦੇ ਤਤਕਾਲੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਏਜੰਸੀਆਂ ‘ਤੇ ਦੋਸ਼ ਲਾਏ ਸਨ, ਜਿਨ੍ਹਾਂ ਨੂੰ ਭਾਰਤ ਨੇ ਖਾਰਜ ਕਰ ਦਿੱਤਾ ਸੀ। ਹਾਲ ਹੀ ਵਿੱਚ ਕੈਨੇਡੀਅਨ ਪੁਲੀਸ ਨੇ ਵੀ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ ਭਾਰਤੀ ਅਧਿਕਾਰੀਆਂ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲੇ ਹਨ, ਜਦਕਿ ਅਮਰੀਕੀ ਅਦਾਲਤੀ ਦਸਤਾਵੇਜ਼ਾਂ ਮੁਤਾਬਕ ਲਾਰੈਂਸ ਬਿਸ਼ਨੋਈ ਨੇ ਹੀ ਇਸ ਕਤਲ ਦਾ ਹੁਕਮ ਦਿੱਤਾ ਸੀ।





