ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਸੋਮਵਾਰ ਨੂੰ ਲੋਕ ਸਭਾ ਵਿੱਚ ਨਵਾਂ ਬਿੱਲ ਹੋਵੇਗਾ ਪੇਸ਼, ਹੋਵੇਗੀ ਸਖ਼ਤ ਸਜ਼ਾ

ਨਵੀਂ ਦਿੱਲੀ, 25 ਜੁਲਾਈ – ਪੇਪਰ ਲੀਕ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਦੋ ਸਾਲ ਪੁਰਾਣੇ ਕਾਨੂੰਨ ਵਿੱਚ ਸੋਧ ਕਰਦਿਆਂ ਸੋਮਵਾਰ ਨੂੰ ਲੋਕ ਸਭਾ ਵਿੱਚ ਇੱਕ ਨਵਾਂ ਸੋਧ ਬਿੱਲ ਪੇਸ਼ ਕੀਤਾ ਜਾਵੇਗਾ। ‘ਪਬਲਿਕ ਐਗਜ਼ਾਮੀਨੇਸ਼ਨਜ਼ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਅਮੈਂਡਮੈਂਟ ਬਿੱਲ, 2026’ ਦੇ ਤਹਿਤ ਹਰ ਸੂਬੇ ਵਿੱਚ ਫਾਸਟ-ਟਰੈਕ ਅਦਾਲਤਾਂ ਸਥਾਪਤ ਕਰਨ ਦੀ ਤਜਵੀਜ਼ ਰੱਖੀ ਗਈ ਹੈ, ਤਾਂ ਜੋ ਦੋਸ਼ੀਆਂ ਵਿਰੁੱਧ ਮੁਕੱਦਮਾ ਫ਼ੌਰੀ ਤੌਰ ‘ਤੇ ਚਲਾਇਆ ਜਾ ਸਕੇ। ਇਸ ਪ੍ਰਸਤਾਵਿਤ ਕਾਨੂੰਨ ਅਨੁਸਾਰ ਪੇਪਰ ਲੀਕ ਦੇ ਸਾਰੇ ਮਾਮਲਿਆਂ ਦੀ ਜਾਂਚ ਮਹਿਜ਼ ਦੋ ਮਹੀਨਿਆਂ ਦੇ ਅੰਦਰ ਮੁਕੰਮਲ ਕੀਤੀ ਜਾਣੀ ਲਾਜ਼ਮੀ ਹੋਵੇਗੀ।

ਸੰਸਦ ਮੈਂਬਰਾਂ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ, ਪੇਪਰ ਲੀਕ ਜਾਂ ਇਮਤਿਹਾਨਾਂ ਵਿੱਚ ਗ਼ਲਤ ਸਾਧਨਾਂ ਦੀ ਵਰਤੋਂ ਕਰਨ ਵਾਲੇ ਦੋਸ਼ੀਆਂ ਲਈ ਘੱਟੋ-ਘੱਟ 5 ਤੋਂ ਵੱਧ ਤੋਂ ਵੱਧ 10 ਸਾਲ ਦੀ ਕੈਦ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਪਾਏ ਜਾਣ ਵਾਲਿਆਂ ਨੂੰ ਘੱਟੋ-ਘੱਟ 7 ਸਾਲ ਦੀ ਕੈਦ ਅਤੇ 10 ਕਰੋੜ ਰੁਪਏ ਤੱਕ ਦਾ ਭਾਰੀ ਜੁਰਮਾਨਾ ਹੋ ਸਕਦਾ ਹੈ।

ਮੌਜੂਦਾ ਕਾਨੂੰਨ ਵਿੱਚ ਨਕਲ ਰੋਕਣ ਲਈ 3 ਤੋਂ 5 ਸਾਲ ਅਤੇ ਸੰਗਠਿਤ ਅਪਰਾਧਾਂ ਲਈ 5 ਤੋਂ 10 ਸਾਲ ਦੀ ਕੈਦ ਦੇ ਨਾਲ ਘੱਟੋ-ਘੱਟ 1 ਕਰੋੜ ਰੁਪਏ ਤੱਕ ਦੇ ਜੁਰਮਾਨੇ ਦਾ ਨਿਯਮ ਸੀ। ਇਸ ਅਹਿਮ ਬਿੱਲ ਨੂੰ ਸੋਮਵਾਰ ਨੂੰ ਲੋਕ ਸਭਾ ਵਿੱਚ ਪੇਸ਼ ਕਰਨ, ਇਸ ਉੱਤੇ ਵਿਚਾਰ ਕਰਨ ਅਤੇ ਪਾਸ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ, ਹਾਲਾਂਕਿ ਇਸ ਉੱਤੇ ਵਿਰੋਧੀ ਧਿਰ ਦਾ ਅੰਤਿਮ ਰੁਖ਼ ਅਜੇ ਸਪੱਸ਼ਟ ਹੋਣਾ ਬਾਕੀ ਹੈ।

Leave a Comment

Your email address will not be published. Required fields are marked *